ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥1॥
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥2॥
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥3॥
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥4॥
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥5॥
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥6॥
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥7॥
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥8॥
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥9॥
ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥
ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥10॥
ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥
ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥11॥
ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥
ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥12॥
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥13॥
ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥14॥
ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥15॥
ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥16॥
ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥
ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥17॥
ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥18॥
ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥
ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥19॥
ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥
ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥20॥
ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥
ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥21॥
ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥
ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥22॥
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥23॥
ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥
ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥24॥
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥
ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥25॥
ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥26॥
ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥
ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥27॥
ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥28॥
ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥
ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥29॥
ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥30॥
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥31॥
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥32॥
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥33॥
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥34॥
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥35॥
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥36॥
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥37॥
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥38॥
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥39॥
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥40॥
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥41॥
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥42॥
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥43॥
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥44॥
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥45॥
ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥46॥
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥47॥
ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥48॥
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥49॥
ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥50॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥51॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥52॥
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥53॥
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥54॥
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥55॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥56॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥57॥1॥